ਬਟਾਲਾ, 8 ਜੂਨ (ਸਲਾਮ ਤਾਰੀ ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਝੋਨੇ ਦੀ ਸਿਧੀ ਬਿਜਾਈ ਕਰਕੇ 20 ਤੋਂ 25 ਫੀਸਦੀ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਅਧਿਕਾਰੀ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਬਿਜਾਈ ਕਰਨੀ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੀ ਕਰਨੀ ਚਾਹੀਦੀ ਹੈ। ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਜ਼ਮੀਨ ਹੇਠਲੇ ਪਾਣੀ ਦੀ ਬਚਤ ਹੁੰਦੀ ਹੈ ਓਥੇ ਇਸ ਤਰ੍ਹਾਂ ਬੀਜੇ ਝੋਨੇ ਨੂੰ ਕੀੜੇ-ਮਕੋੜੇ ਅਤੇ ਬਿਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।
ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਲਈ ਖੇਤੀ ਖਰਚੇ ਘਟਾਉਣੇ ਸਮੇਂ ਦੀ ਮੁੱਖ ਲੋੜ ਹੈ ਅਤੇ ਇਹ ਤਕਨੀਕ ਇਸ ਦਿਸ਼ਾ ਵਿਚ ਸਹਾਇਕ ਸਿੱਧ ਹੁੰਦੀ ਹੈ। ਉਨਾਂ ਦੱਸਿਆ ਕਿ ਝੋਨੇ ਦੀ ਸਿਧੀ ਬਿਜਾਈ ਭਾਰੀਆਂ ਅਤੇ ਦਰਮਿਆਣੀਆਂ ਜਮੀਨਾਂ ਵਿਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸੇ ਵੀ ਸਲਾਹ ਜਾਂ ਸਹਾਇਤਾ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਸੰਪਰਕ ਕੀਤਾ ਜਾ ਸਕਦਾ ਹੈ।