ਬਟਾਲਾ, 13 ਅਕਤੂਬਰ (ਮੁਨੀਰਾ ਸਲਾਮ ਤਾਰੀ ) – ਬਟਾਲਾ ਸ਼ਹਿਰ ਵਿੱਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਸ਼੍ਰੀ ਅਸ਼ਵਨੀ ਸੇਖੜੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ। ਸ਼ਹਿਰ ਦਾ ਦੌਰਾ ਕਰਨ ਤੋਂ ਬਾਅਦ ਸਿਹਤ ਵਿਭਾਗ ਤੇ ਨਗਰ ਨਿਗਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਨਿਰੀਖਣ ਵੀ ਕੀਤਾ ਗਿਆ।

ਚੇਅਰਮੈਨ ਸੇਖੜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਲਗਾਤਾਰ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ ਜੋ ਕਿ ਚਿੰਤਾਜਨਕ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਤੇ ਨਗਰ ਨਿਗਮ ਦੀ ਟੀਮਾਂ ਵੱਲੋਂ ਕੀਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਹਿਰ ਦੇ ਹਰ ਚੌਥੇ ਘਰ ਵਿੱਚ ਡੇਂਗੂ ਦਾ ਲਾਰਵਾ ਪਨਪ ਰਿਹਾ ਹੈ ਅਤੇ ਜੇਕਰ ਸ਼ਹਿਰ ਵਾਸੀਆਂ ਨੇ ਸਾਵਧਾਨੀ ਨਾ ਵਰਤੀ ਤਾਂ ਆਉਂਦੇ ਕੁਝ ਦਿਨਾਂ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਘਰਾਂ ਵਿੱਚ ਫਰਿਜਾਂ ਦੀ ਬੈਕ ਟਰੇਅ, ਕੂਲਰਾਂ, ਛੱਤਾਂ ’ਤੇ ਪਏ ਕਬਾੜ ਦੇ ਸਮਾਨ, ਟਾਇਰਾਂ, ਮਨੀ ਪਲਾਂਟ, ਗਮਲਿਆਂ, ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਭਾਂਡਿਆਂ ਆਦਿ ਵਿੱਚ ਲਗਾਤਾਰ ਪਾਣੀ ਖੜ੍ਹਾ ਰਹਿਣ ਕਾਰਨ ਓਥੇ ਡੇਂਗੂ ਦਾ ਮੱਛਰ ਪੈਦਾ ਹੋ ਰਿਹਾ ਹੈ, ਜੋ ਡੇਂਗੂ ਦੀ ਬਿਮਾਰੀ ਦਾ ਕਾਰਨ ਬਣ ਰਿਹਾ ਹੈ।

ਸੇਖੜੀ ਨੇ ਕਿਹਾ ਕਿ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਪੂਰੇ ਸ਼ਹਿਰ ਦੇ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਅਤੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਸ਼ਹਿਰ ਵਿੱਚ ਫਾਗਿੰਗ ਅਤੇ ਮੱਛਰ ਮਾਰਨ ਵਾਲੀ ਸਪਰੇਅ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇੱਕ ਖਤਰਨਾਕ ਬਿਮਾਰੀ ਹੈ ਅਤੇ ਇਸਦੀ ਰੋਕਥਾਮ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ।

ਸੇਖੜੀ ਨੇ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਤੋਂ ਬਚਣ ਲਈ ਵੱਖ-ਵੱਖ ਸਾਧਨਾਂ ਦਾ ਇਸਤੇਮਾਲ ਕੀਤਾ ਜਾਵੇ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਸਰਕਾਰੀ ਹਸਪਤਾਲ ਤੋਂ ਡੇਂਗੂ ਦਾ ਟੈਸਟ ਅਤੇ ਇਲਾਜ ਕਰਵਾਇਆ ਜਾਵੇ।

Leave a Reply

Your email address will not be published. Required fields are marked *