ਬਟਾਲਾ, 22 ਨਵੰਬਰ ( ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਹਿਕਾਰੀ ਖੰਡ ਬਟਾਲਾ ਦੀ ਸਮਰੱਥਾ ਵਧਾ ਕੇ ਇਲਾਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ ਜਿਸ ਲਈ ਸਮੂਹ ਕਿਸਾਨ ਉਨ੍ਹਾਂ ਦੇ ਧੰਨਵਾਦੀ ਹਨ। ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਦਾ ਚਾਰਜ ਹੈ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀਆਂ ਕੋਸ਼ਿਸ਼ਾਂ ਸਦਕਾ ਇਸ ਪ੍ਰੋਜੈਕਟ ਨੂੰ ਪਾਸ ਕਰਵਾਇਆ ਸੀ ਅਤੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ  ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀ.ਸੀ.ਡੀ ਤੋਂ 3500 ਟੀ.ਸੀ.ਡੀ ਵਧਾਉਣ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ।

ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਬੋਰਡ ਆਫ ਡਾਇਰੈਕਟਰ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 296.14 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਨਵੀਂ ਖੰਡ ਮਿੱਲ ਜਿਸਦੀ ਸਮਰੱਥਾ 3500 ਟੀ.ਸੀ.ਡੀ. (ਜਿਸ ਵਿੱਚ 5000 ਟੀ.ਸੀ.ਡੀ. ਤੱਕ ਵਾਧਾ ਕੀਤਾ ਜਾ ਸਕਦਾ ਹੈ) ਸਮੇਤ 14 ਮੈਗਾਵਾਟ ਕੋ ਜਨਰੇਸ਼ਨ ਪ੍ਰੋਜੈਕਟ ਦੀ ਸਥਾਪਨਾ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਮਿੱਲ ਵਿੱਚ ਬਿਜਲੀ ਦੀ ਪੈਦਾਵਾਰ ਤੋਂ ਇਲਾਵਾ ਫਾਰਮਾਸਿਊਟੀਕਲ ਸ਼ੂਗਰ ਅਤੇ ਰਿਫਾਇੰਡ ਸ਼ੂਗਰ ਦੀ ਪੈਦਾਵਾਰ ਵੀ ਕੀਤੀ ਜਾਵੇਗੀ। ਉਨਾਂ ਕਿਹਾ ਨਵੀਂ ਖੰਡ ਮਿੱਲ ਦੀ ਸਥਾਪਨਾ ਉਪਰੰਤ ਰੋਜ਼ਾਨਾਂ 35000-40000 ਕੁਵਿੰਟਲ ਗੰਨਾ ਪੀੜਿਆ ਜਾਵੇਗਾ ਅਤੇ ਲਗਭਗ 8.5 ਮੈਗਾਵਾਟ ਬਿਜਲੀ ਸਟੇਟ ਗਰਿੱਡ ਨੂੰ ਸਪਲਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਪ੍ਰੋਜੈਕਟ 15 ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ। ਸ. ਕਾਹਲੋਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਗੰਨੇ ਦੀ ਪੈਦਾਵਾਰ ਵਧੇਗੀ ਅਤੇ ਕਿਸਾਨ ਆਰਥਿਕ ਤੌਰ ’ਤੇ ਖੁਸ਼ਹਾਲ ਹੋਣਗੇ।

ਚੇਅਰਮੈਨ ਸ. ਕਾਹਲੋਂ ਨੇ  ਕਿਹਾ ਕਿ ਮੁੱਖ ਮੰਤਰੀ ਨੇ ਬਟਾਲਾ ਇਲਾਕੇ ਨੂੰ 10 ਕਰੋੜ ਰੁਪਏ ਸੜਕਾਂ ਦੇ ਨਿਰਮਾਣ, 5 ਕਰੋੜ ਰੁਪਏ ਪੁੱਲ ਬਣਾਉਣ, 1 ਕਰੋੜ ਰੁਪਏ ਰੈਸਟ ਹਾਊਸ ਬਣਾਉਣ ਅਤੇ 50 ਲੱਖ ਰੁਪਏ ਗੰਨਾ ਰਿਸਰਚ ਕੇਂਦਰ ਕਲਾਨੌਰ ਲਈ ਦੇਣ ਦਾ ਐਲਾਨ ਵੀ ਕੀਤਾ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

Leave a Reply

Your email address will not be published. Required fields are marked *