ਸੰਜੀਵਨੀ ਨਸ਼ਾ ਛੂਡਾਊ ਕੇਂਦਰ ਬਟਾਲਾ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ

0
244

ਬਟਾਲਾ, 26 ਜੂਨ (  ਸਲਾਮ ਤਾਰੀ ) – ਨਸ਼ਾ ਇੱਕ ਅੰਤਰਰਾਸ਼ਟਰੀ ਸਮੱਸਿਆ ਹੈ ਅਤੇ ਇਸ ਬੁਰਾਈ ਨੇ ਪੂਰੀ ਦੁਨੀਆਂ ਵਿੱਚ ਆਪਣੇ ਪੈਰ ਪਸਾਰੇ ਹੋਏ ਹਨ। ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨਾ ਹਰ ਨਾਗਰਿਕ ਦਾ ਫਰਜ ਹੈ ਅਤੇ ਆਪਣੇ ਇਸ ਫਰਜ ਨੂੰ ਨਿਭਾਉਂਦਿਆਂ ਹਰ ਵਿਅਕਤੀ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਬਟਾਲਾ ਵਿਖੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਰਵਾਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਸਰਕਾਰ ਨੂੰ ਵੱਡੀ ਸਫਲਤਾ ਵੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਨਸ਼ਾ ਤਸਕਰਾਂ ਨੂੰ ਫੜ੍ਹ ਕੇ ਜੇਲਾਂ ਅੰਦਰ ਡੱਕਿਆ ਗਿਆ ਹੈ ਓਥੇ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਮੁੜ ਵਸੇਬਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਚੱਲ ਰਹੇ ਓਟ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਨੇ ਨਸ਼ਿਆਂ ਦੇ ਰਾਹ ਪਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਬਾਹਰ ਕੱਢ ਕੇ ਜ਼ਿੰਦਗੀ ਦੀ ਨਵੀਂ ਰਾਹ ਦਿਖਾਈ ਹੈ।

ਬਟਾਲਾ ਦੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱਲੋਂ ਨਸ਼ਾ ਮੁਕਤੀ ਅਭਿਆਨ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਨਸ਼ੇ ਤੋਂ ਮੁਕਤੀ ਦਿਵਾਉਣ ਵਿੱਚ ਸੰਜੀਵਨੀ ਵੱਲੋਂ ਜੋ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉਹ ਸ਼ਾਨਦਾਰ ਹਨ। ਉਨ੍ਹਾਂ ਕਿਹਾ ਕਿ ਸੰਜੀਵਨੀ ਵੱਲੋਂ ਨਸ਼ੇ ਦੀ ਬਿਮਾਰੀ ਦੇ ਸ਼ਿਕਾਰ ਨੌਜਵਾਨਾਂ ਦਾ ਇਲਾਜ ਕਰਨ ਦੇ ਨਾਲ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੀਆਂ ਸੰਸਥਾਵਾਂ ਦਾ ਹਮੇਸ਼ਾਂ ਅਭਾਰੀ ਹੈ ਜੋ ਸਮਾਜ ਨੂੰ ਸਹੀ ਸੇਧ ਦੇਣ ਦਾ ਕੰਮ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸੂਬੇ ਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਬਟਾਲਾ ਦੇ ਡਾਇਰੈਕਟਰ ਆਸ਼ੀਸ਼ ਪ੍ਰਭਾਕਰ ਨੇ ਉਨ੍ਹਾਂ ਦੇ ਕੇਂਦਰ ਵੱਲੋਂ ਨਸ਼ੇ ਦੇ ਇਲਾਜ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸੰਜੀਵਨੀ ਨਸ਼ਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਨਸ਼ਿਆਂ ’ਚੋਂ ਬਾਹਰ ਕੱਢਣ ਲਈ ਸੰਜੀਵਨੀ ਬਣ ਕੇ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਪੂਰੀ ਟੀਮ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਲੱਗੀ ਹੋਈ ਹੈ।

ਇਸ ਮੌਕੇ ਸਿਹਤ ਵਿਭਾਗ ਦੇ ਰਿਟਾਇਡ ਡਿਪਟੀ ਡਾਇਰੈਕਟਰ ਡਾ. ਸੰਜੀਵ ਭੱਲਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਜੀਵਨੀ ਦੇ ਸੰਚਾਲ ਵਰਿੰਦਰ ਪ੍ਰਭਾਕਰ, ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਐਕਸੀਅਨ ਪਾਵਰਕਾਮ ਸਤਨਾਮ ਸਿੰਘ ਬੁੱਟਰ, ਸਾਬਕਾ ਐੱਸ.ਐੱਮ.ਓ. ਡਾ. ਸੁਖਦੀਪ ਸਿੰਘ ਅਤੇ ਹੋਰ ਮੋਹਤਬਰ ਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।

Previous articleਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਆਨਲਾਈਨ ਲੋਕਾਂ ਨਾਲ ਹੋਏ ਰੂ-ਬ-ਰੂ
Next articleਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦਾ ਸੰਗਤ ਦਰਸ਼ਨ ਪ੍ਰੋਗਰਾਮ ਸ਼ਲਾਘਾਯੋਗ ਕਦਮ, ਤਰੇੜੀਆ,
Editor-in-chief at Salam News Punjab

LEAVE A REPLY

Please enter your comment!
Please enter your name here