ਕਾਦੀਆਂ 15 ਅਕਤੂਬਰ (ਮੁਨੀਰਾ ਸਲਾਮ ਤਾਰੀ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਵ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠਾਂ ਖੇਤੀਬਾੜੀ ਵਿਭਾਗ ਵੱਲੋਂ ਇਕ ਪਾਸੇ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਹੀ ਵਿਭਾਗੀ ਅਮਲੇ, ਨੋਡਲ ਅਫਸ਼ਰਾਂ ਨੂੰ ਐਕਸ਼ਨ ਟੇਕਨ ਰਿਪੋਰਟ ਮੋਬਾਇਲ ਐਪ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੱਖ ਵੱਖ ਬਲਾਕ ਦੇ ਨੋਡਲ ਅਫ਼ਸਰਾਂ ਨੂੰ ਐਪ ਦੀ ਸਿਖਲਾਈ ਦਿੱਤੀ ਗਈ ਹੈ। ਇਸ ਐਪ ਰਾਹੀਂ ਹੀ ਅੱਗ ਲੱਗਣ ਦੀਆਂ ਘਟਨਾਵਾਂ ਦੀ ਮੌਕਾ ਰਿਪੋਰਟ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾਉਣ ਦੇ ਨਾਲ-ਨਾਲ ਪਰਾਲੀ/ਨਾੜ ਦੇ ਪਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਸਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ, ਪਰਦੂਸ਼ਣ ਰਹਿਤ ਵਵਾਤਾਵਰਣ ਲਈ ਅਤੇ ਜਮੀਨ ਵਿਚਲੇ ਮਿੱਤਰ ਕੀੜਿਆਂ ਨੂੰ ਬਚਾਉਣ ਲਈ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।