ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਮੋਹਾਲੀ-ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

0
226

ਫਰੀਦਕੋਟ , 7 ਜੁਲਾਈ (ਧਰਮ ਪ੍ਰਵਾਨਾਂ ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ,ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਤੇ ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਅਤੇ ਜਨਰਲ ਸਕੱਤਰ ਅਸ਼ੋਕ ਕੌਸ਼ਲ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਕੱਚੇ ਅਧਿਆਪਕਾਂ ਉੱਪਰ ਮੋਹਾਲੀ – ਚੰਡੀਗੜ੍ਹ ਬੈਰੀਅਰ ਉੱਤੇ ਕੀਤੇ ਅੰਨ੍ਹੇਵਾਹ ਤਸ਼ੱਦਦ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਸੁੱਟਣ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਅਧਿਆਪਕ ਆਗੂਆਂ ਨੇ ਕਿਹਾ ਕਿ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਮੇਤ ਬਹੁਤ ਸਾਰੇ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ। ਅਧਿਆਪਕ ਆਗੂਆਂ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਕੱਚੇ ਅਤੇ ਠੇਕਾ ਅਧਾਰਤ ਅਧਿਆਪਕ ਦੀ ਸਾਰ ਨਹੀਂ ਲੈ ਰਹੀ। ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀਆਂ ਲਈ ਤਰਸ ਰਹੇ ਹਨ ਤੇ ਠੇਕਾ ਆਧਾਰਤ ਅਧਿਆਪਕ ਨਿਗੂਣੀਆਂ ਤਨਖਾਹਾਂ 6000 ਰੁਪਏ ਪ੍ਰਤੀ ਮਹੀਨੇ ਤੇ ਪਿਛਲੇ ਲਗਭਗ ਪੰਦਰਾਂ ਸਾਲਾਂ ਤੋਂ ਸੇਵਾ ਨਿਭਾਅ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋ ਪਹਿਲਾਂ ਸਾਰੇ ਅਧਿਆਪਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਉਪਰੰਤ ਸਭ ਤੋਂ ਪਹਿਲਾਂ ਅਧਿਆਪਕਾ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੈਪਟਨ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਰੈਗੂਲਰ ਕਰਨ ਸਬੰਧੀ ਕੋਈ ਨੀਤੀ ਨਹੀਂ ਬਣਾਈ ਜਾ ਰਹੀ। ਜਿਸ ਕਾਰਨ ਅਧਿਆਪਕਾਂ ਦੇ ਮਨਾਂ ਵਿੱਚ ਬਹੁਤ ਵੱਡੇ ਪੱਧਰ ਤੇ ਨਿਰਾਸ਼ਾ ਫੈਲ ਚੁੱਕੀ ਹੈ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੀ ਹੈ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਮੂਹ ਠੇਕਾ ਅਧਾਰਤ ਅਧਿਆਪਕ, ਵਲੰਟੀਅਰ,ਐੱਨ. ਐੱਸ. ਕਿਊ. ਐੱਫ. ਅਧਿਆਪਕਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆ ਕੇ ਪੂਰੀਆਂ ਤਨਖ਼ਾਹਾਂ ਸਮੇਤ ਰੈਗੂਲਰ ਕੀਤਾ ਜਾਵੇ। ਪਿਛਲੇ ਕਈ ਸਾਲਾਂ ਤੋਂ ਸਰਕਾਰੀ ਨੌਕਰੀਆਂ ਲਈ ਤਰਸ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਭਰਤੀ ਕੀਤਾ ਜਾਵੇ ।

ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਾ ਕੀਤਾ ਗਿਆ ਤਾਂ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਹੋਣ ਵਾਲੇ ਸੰਘਰਸ਼ਾਂ ਵਿੱਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ।

Previous articleਐਸ .ਸੀ .ਬੀ .ਸੀ .ਅਧਿਆਪਕ ਯੂਨੀਅਨ ਫ਼ਰੀਦਕੋਟ ਵੱਲੋਂ ਕੱਚੇ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
Next articleਗੁਰਇਕਬਾਲ ਸਿੰਘ ਮਾਹਲ ਨੇ ਵਰਕਰਾ ਨਾਲ ਕੀਤੀ ਮੀਟਿੰਗ

LEAVE A REPLY

Please enter your comment!
Please enter your name here