ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਇਸਨੂੰ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ – ਖੇਤੀਬਾੜੀ ਵਿਭਾਗ

0
282

ਬਟਾਲਾ, 28 ਅਕਤੂਬਰ (ਮੁਨੀਰਾ ਸਲਾਮ ਤਾਰੀ) – ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਮਸ਼ੀਨਾਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਨੇ ਦੱਸਿਆ ਹੈ ਕਿ ਪਰਾਲੀ ਨੂੰ ਖੇਤ ਵਿੱਚੋਂ ਇਕੱਠਾ ਕਰਨ ਲਈ ਬੇਲਰ ਮਸ਼ੀਨ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਮਸ਼ੀਨ ਖੇਤ ਵਿਚ ਖਿਲਰੀ ਪਰਾਲੀ ਨੂੰ ਇਕੱਠਾ ਕਰਕੇ ਆਇਤਾਕਾਰ ਗੰਢਾਂ ਬਣਾ ਦਿੰਦੀ ਹੈ। ਇਨਾਂ ਆਇਤਾਕਾਰ ਗੰਢਾਂ ਨੂੰ ਖੇਤ ਵਿਚੋਂ ਆਸਾਨੀ ਨਾਲ ਇਕੱਠਾ ਕੀਤਾ ਜਾ ਸਕਦਾ ਹੈ। ਪਰਾਲੀ ਦੀਆਂ ਇਹ ਗੰਢਾਂ ਬਾਲਣ ਲਈ ਗੋਲੇ ਬਣਾਉਣ ਵਾਸਤੇ, ਗੱਤਾ ਬਣਾਉਣ ਲਈ, ਕੰਪੋਸਟ ਤਿਆਰ ਕਰਨ, ਪਰਾਲੀਚਾਰ ਬਣਾਉਣ ਲਈ, ਬਿਜਲੀ ਪੈਦਾ ਕਰਨ ਲਈ ਵਰਤੀਆਂ ਜਾ ਸਕਦੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਬਲਾਕ ਦੀ ਖੇਤੀਬਾੜੀ ਵਿਕਾਸ ਅਧਿਕਾਰੀ ਕੰਵਲਜੀਤ ਕੌਰ ਨੇ ਦੱਸਿਆ ਕਿ ਬੇਲਰ ਮਸ਼ੀਨ ਕੇਵਲ ਕੱਟੇ ਹੋਏ ਪਰਾਲ (ਕੰਬਾਈਨ ਦੇ ਪਿੱਛੇ ਸੁੱਟਿਆ ਹੋਇਆ) ਹੀ ਇੱਕਠਾ ਕਰਦੀ ਹੈ, ਇਸ ਲਈ ਜੇ ਸਾਰਾ ਪਰਾਲ ਖੇਤ ਵਿੱਚੋਂ ਇੱਕਠਾ ਕਰ ਕੇ ਬਾਹਰ ਕੱਢਣੇ ਹੋਣ ਤਾਂ ਇਸ ਮਸ਼ੀਨ ਨੂੰ ਚਲਾਉਣ ਤੋਂ ਪਹਿਲਾਂ ਖੇਤ ਵਿਚ ਪਰਾਲੀ ਦੇ ਖੜੇ ਕਰਚਿਆਂ ਨੂੰ ਸਟੱਬਲ ਸੇਵਰ ਨਾਲ ਕੱਟ ਲੈਣਾ ਚਾਹੀਦਾ ਹੈ। ਬੇਲਰ ਮਸ਼ੀਨ 40-110 ਸੈਂਟੀਮੀਟਰ ਦੀ ਲੰਬਾਈ ਦੀਆਂ ਗੰਢਾਂ ਬਣਾਉਂਦੀ ਹੈ। ਗੰਢ ਦੀ ਉਚਾਈ 36 ਸੈਂਟੀਮੀਟਰ ਅਤੇ ਚੌੜਾਈ 46 ਸੈਂਟੀਮੀਟਰ ਦੀ ਹੁੰਦੀ ਹੈ। ਗੰਢਾਂ ਦਾ ਭਾਰ 15-35 ਕਿਲੋ ਤੱਕ ਦਾ ਹੁੰਦਾ ਹੈ ਜੋ ਕਿ ਗੰਢ ਦੀ ਲੰਬਾਈ ਅਤੇ ਪਰਾਲੀ ਦੀ ਸਿੱਲ ’ਤੇ ਨਿਰਭਰ ਕਰਦਾ ਹੈ। ਇਹ ਮਸ਼ੀਨ ਇੱਕ ਦਿਨ ਵਿਚ 8-10 ਏਕੜ ਦੇ ਰਕਬੇ ਦੀ ਪਰਾਲੀ ਦੀਆਂ ਗੰਢਾਂ ਬਣਾ ਦਿੰਦੀ ਹੈ।

ਖੇਤੀਬਾੜੀ ਵਿਕਾਸ ਅਧਿਕਾਰੀ ਕੰਵਲਜੀਤ ਕੌਰ ਨੇ ਦੱਸਿਆ ਕਿ ਇੱਕ ਹੋਰ ਰੇਕ ਮਸ਼ੀਨ ਨਾਲ ਖੇਤ ਵਿੱਚ ਕੱਟੀ ਅਤੇ ਖਿੱਲਰੀ ਪਰਾਲੀ ਦੀਆਂ ਖੇਤ ਵਿੱਚ ਕਤਾਰਾਂ ਬਣਾ ਲਈਆਂ ਜਾਂਦੀਆਂ ਹਨ। ਖਿੱਲਰੀ ਹੋਈ ਪਰਾਲੀ ਦੀਆਂ ਕਤਾਰਾਂ ਬਣਾਉਣ ਨਾਲ ਇਸ ਮਗਰੋਂ ਚੱਲਣ ਵਾਲੇ ਬੇਲਰ ਦਾ ਕੰਮ ਬਹੁਤ ਤੇਜੀ ਨਾਲ ਹੋ ਜਾਂਦਾ ਹੈ।

ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਮਸ਼ੀਨਾਂ ਦੁਆਰਾ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸਾਂਭਿਆ ਜਾ ਸਕਦਾ ਹੈ ਅਤੇ ਕਣਕ, ਆਲੂ ਅਤੇ ਸਬਜੀਆਂ ਆਦਿ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਦੇ ਬਹੁਤ ਸਾਰੇ ਤਰੀਕੇ ਹਨ ਜਿਨਾਂ ਵਿਚੋਂ ਕਿਸੇ ਇੱਕ ਨੂੰ ਵਰਤ ਕੇ ਅੱਗ ਲਗਾਉਣ ਦੀ ਕਾਰਵਾਈ ਤੋਂ ਬਚਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਦੇ ਤਕਨੀਕੀ ਹੱਲ ਲਈ ਨੇੜੇ ਦੇ ਖੇਤੀ ਦਫ਼ਤਰ ਵਿੱਚ ਵੀ ਸੰਪਰਕ ਕਰ ਸਕਦੇ ਹਨ।

Previous articleਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ
Next articleਸਰਕਾਰੀ ਪ੍ਰਾਇਮਰੀ ਸਕੂਲ ਧੁੱਪਸੜੀ ਵਿਖੇ ਵਿਦਿਆਰਥੀਆਂ ਨੂੰ ਸਰਦ ਰੁੱਤ ਦੀਆਂ ਵਰਦੀਆਂ ਵੰਡੀਆਂ
Editor-in-chief at Salam News Punjab

LEAVE A REPLY

Please enter your comment!
Please enter your name here