ਬਟਾਲਾ, 4 ਜੂਨ ( ਸਲਾਮ ਤਾਰੀ ) – ਜੇਕਰ ਕਿਸੇ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਹਨ ਤਾਂ ਉਸਨੂੰ ਤੁਰੰਤ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਟੈਸਟ ਵਿੱਚ ਕੋਰੋਨਾ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਬਿਨਾਂ ਕਿਸੇ ਦੇਰੀ ਕੋਰੋਨਾ ਵਾਇਰਸ ਦਾ ਇਲਾਜ ਕਰਵਾਉਣਾ ਚਾਹੀਦਾ ਤਾਂ ਜੋ ਬੇਸ਼ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਕਿਹਾ ਹੈ ਕਿ ਸਮੂਹਿਕ ਸਹਿਯੋਗ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਖਤਮ ਕੀਤਾ ਜਾ ਸਕਦਾ ਹੈ, ਇਸ ਲਈ ਜ਼ਿਲਾ ਵਾਸੀ ਬਿਮਾਰੀ ਦੇ ਲੱਛਣ ਹੋਣ ਤੇ ਤੁਰੰਤ ਆਪਣਾ ਟੈਸਟ ਕਰਵਾਉਣ, ਮਾਸਕ ਲਗਾਉਣ ਸ਼ੋਸਲ ਡਿਸਟੈਂਸਿੰਗ ਨਿਯਮਾਂ ਦੀ ਪਾਲਣਾ ਕਰਨ ਅਤੇ ਵੈਕਸੀਨ ਜਰੂਰ ਲਗਵਾਉਣ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਬੇਸ਼ੱਕ ਜ਼ਿਲੇ ਅੰਦਰ ਬੀਤੇ ਕੁਝ ਦਿਨਾਂ ਤੋਂ ਕੋਵਿਡ ਬਿਮਾਰੀ ਦੇ ਕੇਸ ਘਟੇ ਹਨ ਪਰ ਇਸਦਾ ਇਹ ਮਤਲਬ ਨਹੀਂ ਕਿ ਲਾਪਰਵਾਹੀ ਵਰਤੀ ਜਾਵੇ, ਬਲਕਿ ਕੋਰੋਨਾ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਲਾਜ਼ਮੀ ਤੌਰ ’ਤੇ ਰੈਗੂਲਰ ਪਾਲਣਾ ਕੀਤੀ ਜਾਵੇ। ਉਨਾਂ ਦੱਸਿਆ ਕਿ ਜਿਲੇ ਅੰਦਰ ਰੋਜਾਨਾ ਕਰੀਬ 4500 ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਅਤੇ 2 ਜੂਨ ਤਕ ਜ਼ਿਲੇ ਅੰਦਰ 6 ਲੱਖ 35 ਹਜ਼ਾਰ 142 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਅੰਦਰ 4 ਲੱਖ ਤੋਂ ਵੱਧ ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ ਅਤੇ 19203 ਪੀੜਤ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਲੈਕ ਫੰਗਸ ਦੇ 10 ਪੀੜਤ ਹਨ, ਜਿਸ ਵਿਚੋਂ 04 ਦੀ ਮੌਤ ਹੋਈ ਹੈ। ਉਨਾਂ ਅੱਗੇ ਦੱਸਿਆ ਕਿ ਵਾਰੀ ਆਉਣ ਤੇ ਵੈਕਸੀਨ ਜਰੂਰ ਲਗਾਏ ਅਤੇ ਜੇਕਰ ਕਿਸੇ ਵਿਅਕਤੀ ਨੇ ਵਾਰੀ ਤੋਂ ਪਹਿਲਾਂ ਵੈਕਸੀਨ ਲਗਾਉਣੀ ਹੈ ਤਾਂ ਉਹ ਜ਼ਿਲ੍ਹਾ ਰੈੱਡ ਕਰਾਸ ਰਾਹੀਂ 430 ਰੁਪਏ ਦੀ ਫੀਸ ਜਮ੍ਹਾਂ ਕਰਵਾ ਕੇ ਵੈਕਸੀਨ ਲਗਵਾ ਸਕਦਾ ਹੈ।